ਪੰਜਾਬ ’ਚ 2027 ਦੀਆਂ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਜਿਥੇ ਸਾਰੀਆਂ ਰਾਜਸੀ ਪਾਰਟੀਆਂ ਵੱਲੋਂ ਆਪਣੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ, ਉਥੇ ਕਾਂਗਰਸ ਪਾਰਟੀ ਵਿਚਕਾਰ ਚਲ ਰਹੀ ਧੜੇਬੰਦੀ ਦਾ ਅਜੇ ਤੱਕ ਕੋਈ ਹੱਲ ਨਹੀ ਨਿਕਲਿਆ!ਪਰੰਤੂ ਕਾਂਗਰਸ ਹਾਈਕਮਾਨ ਨੇ ਪੰਜਾਬ ਅੰਦਰ ਆਪਣੀਆਂ ਤਿਆਰੀਆਂ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸੰਸਦ ਦਾ ਮੌਨਸੂਨ ਸੈਸ਼ਨ ਸਮਾਪਤ ਹੋਣ ਤੋਂ ਬਾਅਦ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਪੰਜਾਬ ’ਤੇ ਵਿਸ਼ੇਸ਼ ਫੋਕਸ ਕਰਨ ਦੀ ਤਿਆਰੀ ਵਿੱਚ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸੇ ਕੜੀ ਤਹਿਤ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਇਸੇ ਮਹੀਨੇ ਪੰਜਾਬ ਦੌਰੇ ’ਤੇ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰਾਂ ਅਨੁਸਾਰ, ਰਾਹੁਲ ਗਾਂਧੀ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਵਿੱਚ ਕਾਂਗਰਸ ਦੀ ਚੋਣ ਮੁਹਿੰਮ ਨੂੰ ਗਤੀ ਦੇ ਸਕਦੇ ਹਨ!
ਉਨ੍ਹਾਂ ਦੇ ਨਾਲ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਪੰਜਾਬ ਪਹੁੰਚ ਸਕਦੇ ਹਨ। ਰਾਹੁਲ ਗਾਂਧੀ ਦੇ ਸੰਭਾਵੀ ਦੌਰੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਆਗੂਆਂ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਬੇ ਦੇ ਸੀਨੀਅਰ ਆਗੂ ਲਗਾਤਾਰ ਦਿੱਲੀ ’ਚ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਸੰਗਠਨ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕਰ ਰਹੇ ਹਨ।
ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਬਾਜਵਾ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਰਾਹੁਲ ਗਾਂਧੀ ਨਾਲ ਮੀਟਿੰਗ ਲਈ ਵੀ ਸਮਾਂ ਮੰਗਿਆ ਗਿਆ ਹੈ। ਉੱਥੇ ਹੀ, ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਰਾਣਾ ਗੁਰਜੀਤ ਸਿੰਘ ਸਮੇਤ ਪੰਜਾਬ ਕਾਂਗਰਸ ਦੇ ਕਈ ਆਗੂ ਕਾਂਗਰਸ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੁਗੋਪਾਲ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਚਰਚਾ ਹੋਈ।
ਕਾਂਗਰਸ ਸੂਤਰਾਂ ਅਨੁਸਾਰ, ਰਾਹੁਲ ਗਾਂਧੀ ਦੀ ਟੀਮ ਪੰਜਾਬ ’ਚ ਪਾਰਟੀ ਦੀਆਂ ਚੋਣ ਤਿਆਰੀਆਂ ਅਤੇ ਸੰਗਠਨ ਦੀ ਸਥਿਤੀ ਨੂੰ ਲੈ ਕੇ ਆਪਣੀ ਰਿਪੋਰਟ ਹਾਈਕਮਾਨ ਨੂੰ ਸੌਂਪ ਚੁੱਕੀ ਹੈ। ਰਾਹੁਲ ਗਾਂਧੀ ਨੇ ਪੰਜਾਬ ਦੇ ਕੁਝ ਸੰਸਦ ਮੈਂਬਰਾਂ ਨਾਲ ਵੀ ਮੁਲਾਕਾਤ ਕਰਕੇ ਸੂਬੇ ’ਚ ਚੋਣ ਤਿਆਰੀਆਂ ਦੀ ਜਾਣਕਾਰੀ ਲਈ ਹੈ।
ਪਾਰਟੀ ਪੱਧਰ ’ਤੇ ਆਗੂਆਂ ਦੀ ਸਰਗਰਮੀ, ਸੰਗਠਨ ਦੀ ਸਥਿਤੀ ਅਤੇ ਸੰਭਾਵੀ ਚੋਣ ਰਣਨੀਤੀ ਨੂੰ ਲੈ ਕੇ ਵੱਖ-ਵੱਖ ਪੱਧਰਾਂ ’ਤੇ ਫੀਡਬੈਕ ਇਕੱਠਾ ਕੀਤਾ ਜਾ ਰਿਹਾ ਹੈ। ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ’ਚ ਪ੍ਰਮੁੱਖ ਆਗੂਆਂ ਦੀ ਸਵੀਕਾਰਤਾ ਅਤੇ ਚੋਣ ਸੰਭਾਵਨਾਵਾਂ ਨੂੰ ਲੈ ਕੇ ਸਰਵੇ ਵੀ ਕਰਵਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਨ੍ਹਾਂ ’ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਹੋਰ ਪ੍ਰਮੁੱਖ ਆਗੂਆਂ ਨੂੰ ਲੈ ਕੇ ਫੀਡਬੈਕ ਲਿਆ ਗਿਆ ਹੈ।
ਚੰਨੀ-ਵੜਿੰਗ ਵਿਵਾਦ ਦਰਮਿਆਨ ਰਾਹੁਲ ਦਾ ਦੌਰਾ ਅਹਿਮ
ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਦਾ ਮੁੱਦਾ ਕਾਫ਼ੀ ਸਮੇਂ ਤੋਂ ਹਾਈਕਮਾਨ ਲਈ ਚੁਣੌਤੀ ਬਣਿਆ ਹੋਇਆ ਹੈ। 1 ਜੁਲਾਈ ਨੂੰ ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੀਆਂ ਚੋਣ ਕਮੇਟੀਆਂ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਚੋਣ ਮੁਹਿੰਮ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਵੱਲੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਭੂਮਿਕਾ ਨੂੰ ਲੈ ਕੇ ਲਗਾਤਾਰ ਸਵਾਲ ਉਠਾਏ ਜਾਂਦੇ ਰਹੇ ਹਨ
31 ਜੁਲਾਈ ਤੋਂ ਪੰਜਾਬ ਦੇ ਦੌਰੇ ’ਤੇ ਆਏ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੇ ਕਰੀਬ ਦੱਸ ਦਿਨਾਂ ਵਿੱਚ 18 ਜ਼ਿਲ੍ਹਿਆਂ ਦਾ ਦੌਰਾ ਕਰਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਈ ਥਾਵਾਂ ’ਤੇ ਚੰਨੀ ਸਮਰਥਕਾਂ ਵੱਲੋਂ ਬਘੇਲ ਅਤੇ ਰਾਜਾ ਵੜਿੰਗ ਖ਼?ਲਾਫ਼ ਵਿਰੋਧ ਦੇ ਸੁਰ ਵੀ ਸਾਹਮਣੇ ਆਏ। ਇਸ ਤੋਂ ਸਾਫ਼ ਹੈ ਕਿ ਚੋਣਾਂ ਤੋਂ ਪਹਿਲਾਂ ਸੰਗਠਨ ਦੇ ਅੰਦਰ ਚੱਲ ਰਹੀ ਖਿੱਚੋਤਾਣ ਨੂੰ ਖ਼ਤਮ ਕਰਨਾ ਹਾਈਕਮਾਨ ਲਈ ਵੱਡੀ ਚੁਣੌਤੀ ਹੈ।
ਦਰਬਾਰ ਸਾਹਿਬ ਤੋਂ ਸੁਨੇਹਾ ਦੇਣ ਦੀ ਤਿਆਰੀ
ਰਾਹੁਲ ਗਾਂਧੀ ਦੇ ਅੰਮ੍ਰਿਤਸਰ ਪਹੁੰਚਣ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੰਜਾਬ ’ਚ ਚੋਣ ਸਰਗਰਮੀਆਂ ਨੂੰ ਤੇਜ਼ ਕਰਨ ਦੀ ਸੰਭਾਵਨਾ ਨੂੰ ਪਾਰਟੀ ਦੀ ਰਣਨੀਤੀ ਦੇ ਲਿਹਾਜ਼ ਨਾਲ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰੇ ’ਤੇ ਪੰਜਾਬ ਕਾਂਗਰਸ ਦੇ ਸਾਰੇ ਆਗੂ ਇੱਕੋ ਬੱਸ ਵਿੱਚ ਸਵਾਰ ਹੋ ਕੇ ਚੋਣ ਪ੍ਰਚਾਰ ਸ਼ੁਰੂ ਕਰਨਗੇ ਅਤੇ ਇੱਕਜੁੱਟ ਹੋਣ ਦਾ ਸੰਨੇਹਾ ਦੇਣਗੇ।
ਕਾਂਗਰਸ ਲੀਡਰਸ਼ਿਪ ਪੰਜਾਬ ’ਚ ਰਾਹੁਲ ਗਾਂਧੀ ਦੀ ਵਧੇਰੇ ਸਰਗਰਮ ਭੂਮਿਕਾ ਦੀ ਤਿਆਰੀ ਕਰ ਰਹੀ ਹੈ। ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵੀ ਆਪਣੇ ਪੰਜਾਬ ਅਤੇ ਚੰਡੀਗੜ੍ਹ ਦੌਰੇ ਦੌਰਾਨ ਕਹਿ ਚੁੱਕੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਰਾਹੁਲ ਗਾਂਧੀ ਪੰਜਾਬ ਨੂੰ ਵਧੇਰੇ ਸਮਾਂ ਦੇਣਗੇ ਅਤੇ ਸੂਬੇ ’ਚ ਪਾਰਟੀ ਦੀਆਂ ਸਰਗਰਮੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ।
ਅਜਿਹੇ ਵਿੱਚ ਰਾਹੁਲ ਗਾਂਧੀ ਦਾ ਸੰਭਾਵੀ ਪੰਜਾਬ ਦੌਰਾ ਕਾਂਗਰਸ ਲਈ ਸਿਰਫ਼ ਧਾਰਮਿਕ ਯਾਤਰਾ ਨਹੀਂ, ਸਗੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਾਜਨੀਤਿਕ ਅਤੇ ਸੰਗਠਨਾਤਮਕ ਸੁਨੇਹਾ ਦੇਣ ਵਾਲਾ ਦੌਰਾ ਵੀ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਸਭ ਤੋਂ ਵੱਡਾ ਸਵਾਲ ਇਹੀ ਹੈ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕੀ ਕਾਂਗਰਸ ਹਾਈਕਮਾਨ ਸੂਬੇ ਵਿੱਚ ਚੱਲ ਰਹੀ ਗੁੱਟਬਾਜ਼ੀ ਨੂੰ ਖ਼ਤਮ ਕਰ ਸਕੇਗਾ? ਚੰਨੀ, ਰਾਜਾ ਵੜਿੰਗ, ਬਾਜਵਾ ਅਤੇ ਹੋਰ ਆਗੂਆਂ ਵਿਚਕਾਰ ਬਿਹਤਰ ਤਾਲਮੇਲ ਕਾਇਮ ਕਰਨਾ ਪਾਰਟੀ ਲਈ ਚੋਣ ਤਿਆਰੀਆਂ ਦੀ ਪਹਿਲੀ ਵੱਡੀ ਚੁਣੌਤੀ ਹੋਵੇਗੀ।


