ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ 21ਅਗਸਤ ਨੂੰ ਪੰਜਾਬ ਬੰਦ ਦਾ ਸਦਾ ਦਿੱਤਾ ਗਿਆ ਹੈ!ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂ ਅਤੇ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਪਟਿਆਲਾ ਵਿਖੇ ਇੱਕ ਮੁਲਾਕਾਤ ਦੌਰਾਨ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਤੇ ਦੋਸ਼ ਲਗਾਇਆ ਕਿ ਉਹ ਸਿੱਖਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀਆਂ ਹਨ ਅਤੇ ਸਜ਼ਾ ਭੁਗਤ ਚੁੱਕੇ ਨੌਜਵਾਨਾਂ ਨੂੰ ਜਾਣ ਬੁੱਝ ਕੇ ਜੇਲ੍ਹਾਂ ਅੰਦਰ ਬੰਦ ਕਰ ਕੇ ਰੱਖਿਆ ਹੈ! ਉਹਨਾਂ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਨਾਲੋਂ ਸ਼ਾਂਤੀ ਪੂਰਨ ਰੋਸ ਪ੍ਰਗਟ ਕਰ ਰਹੀਆਂ ਸੰਗਤਾਂ ਤੇ ਅੱਥਰੂ ਗੈਸ ਦੇ ਗੋਲੇ ਵਰਾ ਕੇ ਉਹਨਾਂ ਤੇ ਗੈਰ ਮਨੁੱਖੀ ਤਸ਼ਸਦ ਕਰਕੇ ਉਹਨਾਂ ਨੂੰ ਗਭੀਰ ਰੂਪ ਚ ਜ਼ਖਮੀ ਕੀਤਾ!ਬਾਪੂ ਗੁਰਚਰਨ ਸਿੰਘ ਨੇ ਪੰਜਾਬ ਦੀਆਂ ਧਾਰਮਿਕ, ਵਪਾਰਕ ਅਤੇ ਸਮਾਜਿਕ ਜਥੇਬੰਦੀਆਂ ਅਤੇ ਪੰਜਾਬ ਦੇ ਹਰ ਵਰਗ ਨੂੰ 21ਅਗਸਤ ਦੇ ਬੰਦ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ!
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਾਰੇ ਅਦਾਰੇ 21 ਅਗਸਤ ਨੂੰ ਬੰਦ ਰਹਿਣਗੇ
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਇਸ ਮੰਤਵ ਲਈ ਕੀਤੇ ਜਾਣ ਵਾਲੇ ਹਰ ਸੰਘਰਸ਼ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕਾਂ ਦੀਆਂ ਭਾਵਨਾਵਾਂ ਸਮਝਣ ਦੀ ਬਜਾਏ ਸੰਘਰਸ਼ ਕਰਨ ਵਾਲਿਆਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ, ਜਿਸ ਦਾ ਹਰ ਇਨਸਾਫ਼ਪਸੰਦ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ।
ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਵਿੱਚ 21 ਅਗਸਤ ਦੇ ‘ਪੰਜਾਬ ਬੰਦ’ ਦੀ ਮਾਨ ਦਲ ਵੱਲੋਂ ਹਮਾਇਤ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਦੇ ਹੱਕ ਵਿੱਚ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਕਿਹਾ ਕਿ ਇਸ ਦੌਰਾਨ ਸਕੂਲ, ਕਾਲਜ, ਦੁਕਾਨਾਂ ਅਤੇ ਰੇਲ ਸੇਵਾਵਾਂ ਬੰਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਹ ਬੰਦ ਸਿਰਫ਼ ਪੰਜਾਬ ਤੱਕ ਸੀਮਿਤ ਨਾ ਰਹਿ ਕੇ ਪੰਜਾਬੀ ਵਸੋਂ ਵਾਲੇ ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਆਦਿ ਖੇਤਰਾਂ ਵਿੱਚ ਵੀ ਕੀਤਾ ਜਾਵੇਗਾ।


