ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਰੀਬ ਇੱਕ ਮਹੀਨੇ ਬਾਅਦ ਆਪਣੇ ਬਿਆਨਾਂ ਲਈ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਆਪਣੀ ਗ਼ਲਤੀ ਸਵੀਕਾਰ ਕੀਤੀ ਹੈ ਅਤੇ ਧਾਰਮਿਕ ਸਜ਼ਾ (ਤਨਖ਼ਾਹ) ਭੁਗਤਣ ਲਈ ਸਮਾਂ ਦੇਣ ਦੀ ਬੇਨਤੀ ਕੀਤੀ ਹੈ। ਗਿਆਸਪੁਰਾ ਦੇ ਇਸ ਕਦਮ ਨੂੰ ਉਨ੍ਹਾਂ ਨਾਲ ਜੁੜੇ ਪੰਥਕ ਵਿਵਾਦ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਗਿਆਸਪੁਰਾ ਨੂੰ 16 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਉੱਤੇ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਵਿਰੁੱਧ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਾਉਣ ਅਤੇ ਸਿੱਖ ਸੰਸਥਾਵਾਂ ਤੇ ਧਾਰਮਿਕ ਸ਼ਖ਼ਸੀਅਤਾਂ ਬਾਰੇ ਇਤਰਾਜ਼ਯੋਗ ਭਾਸ਼ਾ ਵਰਤਣ ਦੇ ਦੋਸ਼ ਸਨ। ਪੂਰਾ ਮਾਮਲਾ 12 ਅਕਤੂਬਰ ਨੂੰ ਉਸ ਸਮੇਂ ਸ਼ੁਰੂ ਹੋਇਆ ਸੀ, ਜਦੋਂ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਅਤੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੰਗ-ਪੱਤਰ ਦੇਣ ਪਹੁੰਚੇ ਸਨ। ਇਸ ਵਫ਼ਦ ਵਿੱਚ ਮਨਵਿੰਦਰ ਸਿੰਘ ਗਿਆਸਪੁਰਾ ਵੀ ਸ਼ਾਮਲ ਸਨ। ਹਾਲਾਂਕਿ, ਉਨ੍ਹਾਂ ਨੂੰ ਸਕੱਤਰੇਤ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਗਿਆਸਪੁਰਾ ਨੇ ਦੋਸ਼ ਲਾਇਆ ਸੀ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹੋਣ ਕਾਰਨ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ ਹੈ ਅਤੇ ਇਸ ਨੂੰ ਜਾਤੀ ਆਧਾਰਿਤ ਵਿਤਕਰੇ ਦਾ ਮਾਮਲਾ ਦੱਸਿਆ ਸੀ।
ਇਸ ਮਾਮਲੇ ਵਿੱਚ 16 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਕਰੀਬ 12 ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਏ ਸਨ। ਉਨ੍ਹਾਂ ਨੇ ਆਪਣੇ ਲਿਖਤੀ ਸਪੱਸ਼ਟੀਕਰਨ ਵਿੱਚ ਮੰਨਿਆ ਸੀ ਕਿ 12 ਅਕਤੂਬਰ ਨੂੰ ਗਿਆਸਪੁਰਾ ਵੱਲੋਂ ਜਾਤੀ ਆਧਾਰਿਤ ਵਿਤਕਰੇ ਸਬੰਧੀ ਲਾਏ ਗਏ ਦੋਸ਼ਾਂ ਦਾ ਉਨ੍ਹਾਂ ਨੇ ਜਨਤਕ ਤੌਰ ’ਤੇ ਵਿਰੋਧ ਨਹੀਂ ਕੀਤਾ ਸੀ। ਵਿਧਾਇਕਾਂ ਨੇ ਗਿਆਸਪੁਰਾ ਦੇ ਬਿਆਨਾਂ ਨੂੰ ਉਨ੍ਹਾਂ ਦੇ ਨਿੱਜੀ ਵਿਚਾਰ ਦੱਸਦਿਆਂ ਆਪਣੇ ਵੱਲੋਂ ਹੋਈ ਗ਼ਲਤੀ ਲਈ ਮੁਆਫ਼ੀ ਮੰਗੀ ਸੀ।
ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਸੇਵਾਦਾਰਾਂ ਉੱਤੇ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਾਉਣ ਅਤੇ ਸਿੱਖ ਸੰਸਥਾਵਾਂ ਵਿਰੁੱਧ ਇਤਰਾਜ਼ਯੋਗ ਭਾਸ਼ਾ ਵਰਤਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸੰਗਤ ਨੂੰ ਹਦਾਇਤ ਕੀਤੀ ਗਈ ਸੀ ਕਿ ਜਦੋਂ ਤੱਕ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਧਾਰਮਿਕ ਸਜ਼ਾ ਭੁਗਤਣ ਦੀ ਪ੍ਰਕਿਰਿਆ ਪੂਰੀ ਨਹੀਂ ਕਰਦੇ, ਉਦੋਂ ਤੱਕ ਉਨ੍ਹਾਂ ਨਾਲ ਮੇਲ-ਮਿਲਾਪ ਨਾ ਰੱਖਿਆ ਜਾਵੇ।
ਹੁਣ ਗਿਆਸਪੁਰਾ ਵੱਲੋਂ ਮੁਆਫ਼ੀ ਮੰਗੇ ਜਾਣ ਤੋਂ ਬਾਅਦ ਅਗਲੀ ਕਾਰਵਾਈ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੀ ਜਾਣੀ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


