ਪੰਜਾਬ ਭਾਜਪਾ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਦੂਜੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਫ਼ਤਹਿਗੜ੍ਹ ਸਾਹਿਬ ਤੋਂ ਰਵਾਨਾ ਕੀਤੀ ਗਈ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਨੇ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਘੇਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਉਠਾਏ।
ਰੇਖਾ ਗੁਪਤਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਦੀ ਸੱਤਾ ਸੰਭਾਲਣ ਸਮੇਂ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਅਨੁਸਾਰ ਇਹ ਸਮਾਂ-ਸੀਮਾ ਵਾਰ-ਵਾਰ ਅੱਗੇ ਵਧਾਈ ਗਈ ਅਤੇ ਹੁਣ ਤੱਕ ਛੇ ਵਾਰ ਡੈੱਡਲਾਈਨ ਬਦਲੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਰਕਾਰ ਤੋਂ ਨਸ਼ਾ ਖ਼ਤਮ ਕਰਨ ਦੀ ਉਮੀਦ ਕਰਨਾ ਮੁਸ਼ਕਲ ਹੈ।
ਉਨ੍ਹਾਂ ਕਿਹਾ ਕਿ 13 ਦਿਨਾਂ ਦੀ ਇਹ ਯਾਤਰਾ ਸਿਰਫ਼ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਨੂੰ ਨਸ਼ਿਆਂ, ਅਪਰਾਧ ਅਤੇ ਡਰ ਤੋਂ ਮੁਕਤ ਕਰਵਾਉਣ ਲਈ ਲੋਕਾਂ ਨੂੰ ਇਕਜੁੱਟ ਕਰਨ ਦੀ ਮੁਹਿੰਮ ਹੈ। ਗੁਪਤਾ ਨੇ ਅਰਵਿੰਦ ਕੇਜਰੀਵਾਲ ’ਤੇ ਪੰਜਾਬ ਦੀ ਸਰਕਾਰ ਵਿੱਚ ਕਥਿਤ ਦਖ਼ਲਅੰਦਾਜ਼ੀ ਦਾ ਦੋਸ਼ ਲਾਉਂਦਿਆਂ ਪੰਜਾਬ ਦੇ ਸਰੋਤਾਂ ਅਤੇ ਕਰਜ਼ੇ ਸਬੰਧੀ ਵੀ ਸਵਾਲ ਉਠਾਏ।
ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੇ ਨਾਲ ਗੈਂਗ ਹਿੰਸਾ, ਟਾਰਗੇਟ ਕਿਲਿੰਗ ਅਤੇ ਅਸੁਰੱਖਿਆ ਦੀ ਭਾਵਨਾ ਵਧਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਦੇ ਲੋਕ ਇਕੱਲੇ ਨਹੀਂ ਹਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ।
ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਨਸ਼ਿਆਂ ਰਾਹੀਂ ਪੰਜਾਬ ਨੂੰ ਕਮਜ਼ੋਰ ਕਰਨਾ ਦੇਸ਼ ਦੀ ਸੁਰੱਖਿਆ ਲਈ ਵੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਦੇ ਨਾਲ ਨਸ਼ਾ ਪੀੜਤਾਂ ਦਾ ਇਲਾਜ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਜ਼ਰੂਰੀ ਹੈ।
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਕਾਬੂ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਅੱਗੇ ਆਉਣ ਦੀ ਅਪੀਲ ਕੀਤੀ।
ਸਮਾਗਮ ਨੂੰ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਗੇਜਾ ਰਾਮ ਵਾਲਮੀਕੀ ਅਤੇ ਦੀਦਾਰ ਸਿੰਘ ਭੱਟੀ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਰਾਜੇਸ਼ ਬਾਘਾ, ਜੰਗੀ ਲਾਲ ਮਹਾਜਨ, ਪਰਮਿੰਦਰ ਸਿੰਘ ਬਰਾੜ, ਜਗਦੀਪ ਸਿੰਘ ਚੀਮਾ ਅਤੇ ਡਾ. ਹਰਬੰਸ ਲਾਲ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।


