ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾਈ ਸੱਦੇ ’ਤੇ ਜ਼ਿਲ੍ਹਾ ਪਟਿਆਲਾ ਦੇ ਪਟਵਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 16 ਸਤੰਬਰ 2026, ਦਿਨ ਬੁੱਧਵਾਰ ਨੂੰ ਜ਼ਿਲ੍ਹਾ ਪਟਿਆਲਾ ਦੀਆਂ ਸਮੂਹ ਤਹਿਸੀਲਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਧਰਨੇ ਦਿੱਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਲਏ ਗਏ ਫੈਸਲੇ ਅਨੁਸਾਰ ਇਹ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਟਵਾਰੀਆਂ ਦੀਆਂ ਮੁੱਖ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਜਥੇਬੰਦੀ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ ਯੂਨੀਅਨ ਆਗੂ ਨੇ ਦੱਸਿਆ ਕਿ ਮੁੱਖ ਮੰਗਾਂ ਵਿੱਚ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖਾਹ ਵਿੱਚ ਵਾਧਾ ਕਰਨਾ, ਪਟਵਾਰੀਆਂ ’ਤੇ ਲਾਗੂ ਕੀਤੇ ਸਟੇਟ ਕੈਡਰ ਦੇ ਫੈਸਲੇ ਨੂੰ ਵਾਪਸ ਲੈਣਾ ਅਤੇ ਖਾਲੀ ਜਾਂ ਖ਼ਤਮ ਕੀਤੀਆਂ 4716 ਪਟਵਾਰੀ ਅਸਾਮੀਆਂ ਨੂੰ ਮੁੜ ਬਹਾਲ ਕਰਕੇ ਨਵੀਂ ਭਰਤੀ ਕਰਨਾ ਸ਼ਾਮਲ ਹੈ। ਖੰਗੂੜਾ ਨੇ ਕਿਹਾ ਕਿ ਰੋਸ ਵਜੋਂ ਪਟਵਾਰੀਆਂ ਵੱਲੋਂ ‘ਲਾਲ ਲਕੀਰ’ ਅਤੇ ‘ਐਗਰੀਸਟੈਕ ਫਾਰਮਰ ਆਈ.ਡੀ. ਵੈਰੀਫਿਕੇਸ਼ਨ’ ਦਾ ਕੰਮ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਰਾਸ਼ਨ ਕਾਰਡ ਵੈਰੀਫਿਕੇਸ਼ਨ ਸਬੰਧੀ ਵੀ ਪਟਵਾਰੀਆਂ ਵੱਲੋਂ ਸਿਰਫ਼ ਜ਼ਮੀਨ ਨਾਲ ਸਬੰਧਤ ਰਿਪੋਰਟ ਹੀ ਦਿੱਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਸੰਘਰਸ਼ ਨੂੰ ਦਬਾਉਣ ਜਾਂ ਤਾਰਪੀਡੋ ਕਰਨ ਲਈ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਪ੍ਰਸ਼ਾਸਨਿਕ ਹੱਥਕੰਡੇ ਅਪਣਾਏ ਗਏ ਤਾਂ ਯੂਨੀਅਨ ਪੂਰੇ ਪੰਜਾਬ ਵਿੱਚ ਤੁਰੰਤ ‘ਕਲਮ ਛੋੜ ਹੜਤਾਲ’ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


