ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਜਲੰਧਰ ਟੀਮ ਵੱਲੋਂ ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ, ਉਨ੍ਹਾਂ ਦੇ ਪੁੱਤਰ ਪ੍ਰਤੀਕ ਅਰੋੜਾ ਅਤੇ ਕਥਿਤ ਸਹਿਯੋਗੀਆਂ ਦੇ ਟਿਕਾਣਿਆਂ ’ਤੇ 2 ਅਤੇ 3 ਨਵੰਬਰ 2026 ਨੂੰ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਗਈ। ਈਡੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਕਾਰਵਾਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁੱਲ 14 ਥਾਵਾਂ ’ਤੇ ਕੀਤੀ ਗਈ। ਇਸ ਦੌਰਾਨ ਹੁਸ਼ਿਆਰਪੁਰ ਦੇ ਜੋਧਾ ਮੱਲ ਰੋਡ ਸਥਿਤ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ’ਤੇ ਲਗਾਤਾਰ ਕਰੀਬ 42 ਘੰਟਿਆਂ ਤੱਕ ਤਲਾਸ਼ੀ ਮੁਹਿੰਮ ਚੱਲੀ।
ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਅਤੇ ਰੀਅਲ ਅਸਟੇਟ ਕੰਪਨੀਆਂ ਨੂੰ ਕਥਿਤ ਤੌਰ ’ਤੇ ਨਾਜਾਇਜ਼ ਲਾਭ ਪਹੁੰਚਾਉਣ ਨਾਲ ਜੁੜੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਗਈ ਹੈ। ਈਡੀ ਦੀ ਜਾਂਚ ਦੇ ਘੇਰੇ ਵਿੱਚ ਸਾਬਕਾ ਮੰਤਰੀ ਦੇ ਪੁੱਤਰ ਪ੍ਰਤੀਕ ਅਰੋੜਾ ਅਤੇ ਉਨ੍ਹਾਂ ਨਾਲ ਜੁੜੇ ਹੋਰ ਵਿਅਕਤੀ ਵੀ ਸ਼ਾਮਲ ਹਨ।
14 ਥਾਵਾਂ ’ਤੇ ਕੀਤੀ ਗਈ ਤਲਾਸ਼ੀ
ਈਡੀ ਦੀ ਟੀਮ ਵੱਲੋਂ ਹੁਸ਼ਿਆਰਪੁਰ, ਚੰਡੀਗੜ੍ਹ ਅਤੇ ਮੋਹਾਲੀ ਵਿੱਚ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਲਈ ਗਈ। ਇਨ੍ਹਾਂ ਵਿੱਚ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਤੋਂ ਇਲਾਵਾ ’ਸ਼ਿਵਮ ਹਸਪਤਾਲ’ ਅਤੇ ਚੰਡੀਗੜ੍ਹ ਤੇ ਮੋਹਾਲੀ ਵਿੱਚ ਰੀਅਲ ਅਸਟੇਟ ਕਾਰੋਬਾਰ ਨਾਲ ਜੁੜੀਆਂ ਕੰਪਨੀਆਂ ਦੇ ਦਫ਼ਤਰ ਅਤੇ ਹੋਰ ਟਿਕਾਣੇ ਸ਼ਾਮਲ ਸਨ।
ਤਲਾਸ਼ੀ ਦੌਰਾਨ ‘ਐਸਆਰਜੀ ਬਿਲਡਰਜ਼ ਐਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ’, ‘ਜੀਆਰਜੀ ਡਿਵੈਲਪਰਜ਼ ਐਂਡ ਪ੍ਰਮੋਟਰਜ਼ ਐਲਐਲਪੀ’ ਅਤੇ ‘ਗੁਲਮੋਹਰ ਟਾਊਨਸ਼ਿਪ ਇੰਡੀਆ ਪ੍ਰਾਈਵੇਟ ਲਿਮਟਿਡ’ ਨਾਲ ਜੁੜੇ ਪ੍ਰਮੋਟਰਾਂ, ਡਾਇਰੈਕਟਰਾਂ ਅਤੇ ਸਹਿਯੋਗੀਆਂ ਦੇ ਟਿਕਾਣਿਆਂ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆਂਦਾ ਗਿਆ।
ਮੋਬਾਈਲ ਫੋਨ, ਜਾਇਦਾਦ ਦੇ ਕਾਗਜ਼ ਅਤੇ ਡਿਜੀਟਲ ਡਿਵਾਈਸ ਜ਼ਬਤ
ਈਡੀ ਦੀ ਇਸ ਕਾਰਵਾਈ ਦੌਰਾਨ ਕਈ ਅਹਿਮ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਰਿਕਾਰਡ ਬਰਾਮਦ ਕੀਤੇ ਗਏ। ਜਾਂਚ ਏਜੰਸੀ ਵੱਲੋਂ ਮੋਬਾਈਲ ਫੋਨ, ਸ਼ੱਕੀ ਦਸਤਾਵੇਜ਼, ਜਾਇਦਾਦ ਨਾਲ ਸਬੰਧਤ ਕਾਗਜ਼ਾਤ, ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਉਦਯੋਗਿਕ ਪਲਾਟਾਂ ਨਾਲ ਸਬੰਧਤ ਰਿਕਾਰਡ ਅਤੇ ਡਿਜੀਟਲ ਡਿਵਾਈਸ ਜ਼ਬਤ ਕੀਤੇ ਗਏ। ਇਸ ਤੋਂ ਇਲਾਵਾ ਕੁਝ ਬੈਂਕ ਲਾਕਰਾਂ ਨੂੰ ਵੀ ਫ?ਰੀਜ਼ ਕਰਨ ਦੀ ਕਾਰਵਾਈ ਕੀਤੀ ਗਈ ਹੈ।
ਈਡੀ ਦੀ ਜਾਂਚ ਵਿੱਚ ਸਾਹਮਣੇ ਆਏ ਤੱਥਾਂ ਅਨੁਸਾਰ ਮਾਰਚ 2017 ਤੋਂ ਸਤੰਬਰ 2021 ਤੱਕ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਸੁੰਦਰ ਸ਼ਾਮ ਅਰੋੜਾ ਕੋਲ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਕੰਮਕਾਜ ਨਾਲ ਸਬੰਧਤ ਅਹਿਮ ਅਧਿਕਾਰ ਅਤੇ ਪ੍ਰਭਾਵ ਸੀ।
ਈਡੀ ਵੱਲੋਂ ਕੀਤੀ ਜਾ ਰਹੀ ਜਾਂਚ ਅਨੁਸਾਰ ਦੋਸ਼ ਹੈ ਕਿ ਸਾਬਕਾ ਮੰਤਰੀ ਨੇ ਆਪਣੇ ਅਹੁਦੇ ਦੀ ਵਰਤੋਂ ਕਰਦਿਆਂ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਕੀਮਤੀ ਉਦਯੋਗਿਕ ਪਲਾਟਾਂ ਨੂੰ ਨਿੱਜੀ ਰੀਅਲ ਅਸਟੇਟ ਕੰਪਨੀਆਂ ਦੇ ਹੱਕ ਵਿੱਚ ਤਬਦੀਲ ਕਰਵਾਉਣ ਜਾਂ ਲਾਭ ਪਹੁੰਚਾਉਣ ਵਿੱਚ ਭੂਮਿਕਾ ਨਿਭਾਈ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਇਸ ਦੇ ਬਦਲੇ ਉਨ੍ਹਾਂ ਨੇ ਆਪਣੇ ਪੁੱਤਰ ਪ੍ਰਤੀਕ ਅਰੋੜਾ ਦੇ ਨਾਮ ’ਤੇ ਇਨ੍ਹਾਂ ਰੀਅਲ ਅਸਟੇਟ ਕੰਪਨੀਆਂ ਵਿੱਚ ਹਿੱਸੇਦਾਰੀ ਹਾਸਲ ਕੀਤੀ।
ਈਡੀ ਵੱਲੋਂ ਬੈਂਕ ਰਿਕਾਰਡਾਂ ਅਤੇ ਹੋਰ ਵਿੱਤੀ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਕੰਪਨੀਆਂ ਵਿੱਚ ਹਿੱਸੇਦਾਰੀ, ਉਦਯੋਗਿਕ ਪਲਾਟਾਂ ਨਾਲ ਜੁੜੇ ਲੈਣ-ਦੇਣ ਅਤੇ ਜਾਇਦਾਦ ਦੇ ਰਿਕਾਰਡਾਂ ਰਾਹੀਂ ਕਥਿਤ ਤੌਰ ’ਤੇ ਹੋਏ ਵਿੱਤੀ ਲੈਣ-ਦੇਣ ਦੀਆਂ ਕੜੀਆਂ ਨੂੰ ਜੋੜਿਆ ਜਾ ਸਕਦਾ ਹੈ।
ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਦਸਤਾਵੇਜ਼ਾਂ, ਮੋਬਾਈਲ ਫੋਨਾਂ ਅਤੇ ਡਿਜੀਟਲ ਡਿਵਾਈਸਾਂ ਦੀ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਬੈਂਕ ਲੈਣ-ਦੇਣ, ਜਾਇਦਾਦਾਂ ਦੀ ਖਰੀਦ-ਫਰੋਖਤ ਅਤੇ ਰੀਅਲ ਅਸਟੇਟ ਕੰਪਨੀਆਂ ਵਿੱਚ ਹੋਈ ਹਿੱਸੇਦਾਰੀ ਨਾਲ ਸਬੰਧਤ ਰਿਕਾਰਡ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
ਫਿਲਹਾਲ ਈਡੀ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


