ਸੰਗਰੂਰ ਵਿਖੇ ਅੱਜ ਤੜਕੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਧੂਰੀ ਤੋਂ ਚੰਡੀਗੜ੍ਹ ਜਾ ਰਹੀ ਪੀਆਰਟੀਸੀ ਦੀ ਬੱਸ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਪਟਿਆਲਾ ਬਾਈਪਾਸ ਨੇੜੇ ਓਵਰਬ੍ਰਿਜ ਨਾਲ ਟਕਰਾਉਣ ਤੋਂ ਬਾਅਦ ਸੜਕ ਕਿਨਾਰੇ ਖੇਤਾਂ ਵਿੱਚ ਜਾ ਪਲਟੀ। ਇਸ ਭਿਆਨਕ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਸਵਾਰੀਆਂ ਦੀ ਮੌਤ ਹੋ ਗਈ, ਜਦਕਿ 26 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 10 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭੇਜਿਆ ਗਿਆ ਹੈ।
ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਬੱਸ ਵਿੱਚ ਸਵਾਰ ਯਾਤਰੀਆਂ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਪੈ ਗਿਆ। ਆਲੇ-ਦੁਆਲੇ ਦੇ ਲੋਕ ਤੁਰੰਤ ਮਦਦ ਲਈ ਪਹੁੰਚੇ ਅਤੇ ਪੁਲਿਸ ਦੀ ਟੀਮ ਨੇ ਵੀ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰਵਾਏ। ਐਂਬੂਲੈਂਸਾਂ ਰਾਹੀਂ ਜ਼ਖ਼ਮੀਆਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਮਿਲੀ ਜਾਣਕਾਰੀ ਅਨੁਸਾਰ, ਪੀਆਰਟੀਸੀ ਦੀ ਇਹ ਬੱਸ ਅੱਜ ਸਵੇਰੇ ਕਰੀਬ ਪੌਣੇ ਪੰਜ ਵਜੇ ਧੂਰੀ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਬੱਸ ਸੰਗਰੂਰ ਬੱਸ ਸਟੈਂਡ ਤੋਂ ਸਵਾਰੀਆਂ ਲੈ ਕੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਵੱਲ ਜਾ ਰਹੀ ਸੀ। ਜਦੋਂ ਇਹ ਸੰਗਰੂਰ ਦੇ ਪਟਿਆਲਾ ਬਾਈਪਾਸ ਨੇੜੇ ਓਵਰਬ੍ਰਿਜ ਕੋਲ ਪਹੁੰਚੀ ਤਾਂ ਅਚਾਨਕ ਚਾਲਕ ਦੇ ਕਾਬੂ ਤੋਂ ਬਾਹਰ ਹੋ ਗਈ। ਪਹਿਲਾਂ ਬੱਸ ਓਵਰਬ੍ਰਿਜ ਦੀ ਕੰਧ ਨਾਲ ਜਾ ਟਕਰਾਈ ਅਤੇ ਫਿਰ ਸੜਕ ਕਿਨਾਰੇ ਖੇਤਾਂ ਵਿੱਚ ਜਾ ਪਲਟੀ। ਹਾਦਸੇ ਵਾਲੀ ਥਾਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਵੀ ਕੁਝ ਕਿਲੋਮੀਟਰ ਦੀ ਦੂਰੀ ’ਤੇ ਦੱਸੀ ਜਾ ਰਹੀ ਹੈ।
ਇਸ ਹਾਦਸੇ ਵਿੱਚ ਮਰਨ ਵਾਲੀਆਂ ਦੋ ਔਰਤਾਂ ਦੀ ਪਛਾਣ ਰਾਜਵਿੰਦਰ ਕੌਰ ਵਾਸੀ ਪਿੰਡ ਫਤਹਿਗੜ੍ਹ ਛੰਨਾਂ ਅਤੇ ਨਰਿੰਦਰ ਕੌਰ ਵਾਸੀ ਧੂਰੀ ਵਜੋਂ ਹੋਈ ਹੈ। ਤੀਜੇ ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਥਲੇਸਾਂ ਵਜੋਂ ਕੀਤੀ ਗਈ ਹੈ। ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਵਿਨੋਦ ਕੁਮਾਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ਵਿੱਚੋਂ ਤਿੰਨ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਦੀ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਗੰਭੀਰ ਰੂਪ ਵਿੱਚ ਜ਼ਖ਼ਮੀ 10 ਮਰੀਜ਼ਾਂ ਨੂੰ 108 ਐਂਬੂਲੈਂਸਾਂ ਰਾਹੀਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭੇਜਿਆ ਗਿਆ ਹੈ। ਇਸ ਬਾਰੇ ਪਟਿਆਲਾ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ। ਬਾਕੀ ਜ਼ਖ਼ਮੀਆਂ ਦਾ ਇਲਾਜ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਜਾਰੀ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।
ਪੁਲਿਸ ਅਧਿਕਾਰੀ ਮੇਹਰ ਸਿੰਘ ਨੇ ਦੱਸਿਆ ਕਿ ਹਾਦਸੇ ਸਮੇਂ ਮੌਸਮ ਸਾਫ਼ ਸੀ ਅਤੇ ਧੁੰਦ ਵੀ ਨਹੀਂ ਸੀ। ਮੁੱਢਲੀ ਜਾਣਕਾਰੀ ਅਤੇ ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨਾਂ ਅਨੁਸਾਰ ਬੱਸ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਨ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਤੋਂ ਇਲਾਵਾ ਡੀਐੱਸਪੀ ਦਲਵੀਰ ਸਿੰਘ ਨੇ ਦੱਸਿਆ ਕਿ ਬੱਸ ਧੂਰੀ ਤੋਂ ਹੀ ਆਪਣੇ ਨਿਰਧਾਰਤ ਸਮੇਂ ਨਾਲੋਂ ਲੇਟ ਚੱਲ ਰਹੀ ਸੀ। ਇਸ ਕਾਰਨ ਡਰਾਈਵਰ ਕਾਹਲੀ ਵਿੱਚ ਬੱਸ ਚਲਾ ਰਿਹਾ ਸੀ। ਪੁਲਿਸ ਅਧਿਕਾਰੀ ਨੇ ਡਰਾਈਵਰ ਦੀ ਲਾਪਰਵਾਹੀ ਵੱਲ ਵੀ ਇਸ਼ਾਰਾ ਕੀਤਾ ਹੈ।
ਪੁਲਿਸ ਨੇ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬੱਸ ਦੀ ਰਫ਼ਤਾਰ, ਡਰਾਈਵਰ ਦੀ ਲਾਪਰਵਾਹੀ ਅਤੇ ਹੋਰ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਕਾਰਨ ਮ੍ਰਿਤਕਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ, ਜਦਕਿ ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


