ਪੰਜਾਬ ਦੀ ਸਿਆਸਤ ਵਿੱਚ ਐਤਵਾਰ ਨੂੰ ਇੱਕ ਵੱਡਾ ਬਦਲਾਅ ਦੇਖਣ ਨੂੰ ਮਿਲਿਆ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ – ) ਦੀ ਸਾਬਕਾ ਪ੍ਰਧਾਨ ਅਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਆਪਣਾ ਨਾਤਾ ਤੋੜ ਲਿਆ ਹੈ। ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਹਲਕੇ ਅਧੀਨ ਆਉਂਦੇ ਪਿੰਡ ਬੇਗੋਵਾਲ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਅਕਾਲੀ ਦਲ ਵਿੱਚ ਵਾਪਸੀ ਕੀਤੀ। ਇਸ ਮੌਕੇ ਪਾਰਟੀ ਦੇ ਕਈ ਆਗੂ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਮੌਜੂਦ ਸਨ।
ਬੀਬੀ ਜਗੀਰ ਕੌਰ ਦੀ ਵਾਪਸੀ ਨੂੰ ਖ਼ਾਸ ਕਰਕੇ ਦੋਆਬੇ ਦੀ ਸਿਆਸਤ ਲਈ ਅਹਿਮ ਮੰਨਿਆ ਜਾ ਰਿਹਾ ਹੈ। ਉਹ ਲੰਮੇ ਸਮੇਂ ਤੋਂ ਇਸ ਇਲਾਕੇ ਦੀ ਸਿਆਸਤ ਵਿੱਚ ਸਰਗਰਮ ਰਹੇ ਹਨ। ਐੱਸਜੀਪੀਸੀ ਦੀ ਪਹਿਲੀ ਮਹਿਲਾ ਪ੍ਰਧਾਨ ਰਹਿਣ ਦੇ ਨਾਲ-ਨਾਲ ਉਹ ਪੰਜਾਬ ਸਰਕਾਰ ਵਿੱਚ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇਸ ਕਰਕੇ ਉਨ੍ਹਾਂ ਦਾ ਆਪਣੇ ਇਲਾਕੇ ਵਿੱਚ ਸਿਆਸੀ ਆਧਾਰ ਅਤੇ ਪਛਾਣ ਰਹੀ ਹੈ। ਉਨ੍ਹਾਂ ਦੇ ਮੁੜ ਅਕਾਲੀ ਦਲ ਵਿੱਚ ਆਉਣ ਨਾਲ ਪਾਰਟੀ ਨੂੰ ਦੋਆਬੇ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਦਾ ਮੌਕਾ ਮਿਲ ਸਕਦਾ ਹੈ।
ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਇਸ ਲਈ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਪਿਛਲੇ ਸਮੇਂ ਦੌਰਾਨ ਉਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਤੇ ਪਾਰਟੀ ਦੇ ਕੰਮ ਕਰਨ ਦੇ ਢੰਗ ਦੀ ਆਲੋਚਨਾ ਕਰਦੇ ਰਹੇ ਸਨ। ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਏ ਜਾਣ ਤੋਂ ਬਾਅਦ ਵੀ ਉਨ੍ਹਾਂ ਨੇ ਬਾਦਲ ਧੜੇ ਦੀ ਸਿਆਸਤ ਉੱਤੇ ਸਵਾਲ ਚੁੱਕੇ ਸਨ।
ਬੀਬੀ ਜਗੀਰ ਕੌਰ ਨੂੰ ਸੱਤ ਨਵੰਬਰ 2022 ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਦੇ ਅਧਿਕਾਰਤ ਉਮੀਦਵਾਰ ਦੇ ਮੁਕਾਬਲੇ ਐੱਸਜੀਪੀਸੀ ਦੇ ਪ੍ਰਧਾਨ ਦੀ ਚੋਣ ਲੜੀ ਸੀ। ਬਾਅਦ ਵਿੱਚ ਉਹ ਬਾਗੀ ਅਕਾਲੀ ਧੜੇ ਨਾਲ ਜੁੜ ਗਏ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਆਪਣੀ ਸਿਆਸੀ ਭੂਮਿਕਾ ਨਿਭਾਉਣ ਲੱਗੇ।
ਉਸ ਸਮੇਂ ਉਨ੍ਹਾਂ ਦਾ ਕਹਿਣਾ ਸੀ ਕਿ ਅਕਾਲੀ ਦਲ ਵਿੱਚ ਸੁਧਾਰ ਲਿਆਉਣ ਲਈ ਪਾਰਟੀ ਤੋਂ ਬਾਹਰ ਰਹਿਣ ਦੀ ਬਜਾਏ ਅੰਦਰ ਰਹਿ ਕੇ ਕੰਮ ਕਰਨਾ ਜ਼ਰੂਰੀ ਹੈ।
ਬੀਬੀ ਜਗੀਰ ਕੌਰ ਅਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਕਾਰ ਲੰਮੇ ਸਮੇਂ ਤੱਕ ਸਿਆਸੀ ਟੱਕਰ ਰਹੀ ਹੈ। ਦੋਵੇਂ ਆਗੂ ਆਪਣੇ-ਆਪਣੇ ਸਿਆਸੀ ਪੱਖ ਤੋਂ ਇੱਕ-ਦੂਜੇ ਦੇ ਵਿਰੋਧੀ ਰਹੇ ਹਨ। ਹਾਲਾਂਕਿ, ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਬੀਬੀ ਜਗੀਰ ਕੌਰ ਵੱਲੋਂ ਆਲੋਚਨਾ ਕੀਤੇ ਜਾਣ ਤੋਂ ਬਾਅਦ ਦੋਵਾਂ ਦੇ ਸਬੰਧਾਂ ਵਿੱਚ ਕੁਝ ਨਰਮੀ ਆਉਣ ਦੀ ਗੱਲ ਵੀ ਸਾਹਮਣੇ ਆਈ ਸੀ।
ਬੀਬੀ ਜਗੀਰ ਕੌਰ ਭੁਲੱਥ ਨੂੰ ਆਪਣਾ ਹਲਕਾ ਦੱਸਦੇ ਰਹੇ ਹਨ। ਇਸ ਲਈ ਉਨ੍ਹਾਂ ਦੀ ਅਕਾਲੀ ਦਲ ਵਿੱਚ ਵਾਪਸੀ ਦਾ ਅਸਰ ਸਿਰਫ਼ ਪਾਰਟੀ ਪੱਧਰ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਭੁਲੱਥ ਦੀ ਸਿਆਸਤ ਵਿੱਚ ਵੀ ਇਸ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਉਨ੍ਹਾਂ ਦੀ ਵਾਪਸੀ ਨਾਲ ਹਲਕੇ ਵਿੱਚ ਨਵੇਂ ਸਿਆਸੀ ਸਮੀਕਰਨ ਬਣ ਸਕਦੇ ਹਨ।
ਹੁਣ ਸਾਰਿਆਂ ਦੀ ਨਜ਼ਰ ਇਸ ਗੱਲ ਉੱਤੇ ਰਹੇਗੀ ਕਿ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵਿੱਚ ਕਿਹੜਾ ਅਹੁਦਾ ਜਾਂ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਇਹ ਵੀ ਦੇਖਣਾ ਹੋਵੇਗਾ ਕਿ ਉਹ ਪਾਰਟੀ ਵਿੱਚ ਸੁਧਾਰਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਬਾਰੇ ਆਪਣੇ ਪਹਿਲਾਂ ਵਾਲੇ ਵਿਚਾਰਾਂ ਨੂੰ ਕਿਸ ਤਰ੍ਹਾਂ ਸਪੱਸ਼ਟ ਕਰਦੇ ਹਨ। ਫਿਲਹਾਲ ਉਨ੍ਹਾਂ ਦੀ ਵਾਪਸੀ ਨੇ ਪੰਜਾਬ ਦੀ ਸਿਆਸਤ, ਖ਼ਾਸ ਕਰਕੇ ਦੋਆਬੇ ਅਤੇ ਭੁਲੱਥ ਹਲਕੇ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


